ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਸ਼ੁਰੂ ਕਰਵਾਈ ਕਣਕ ਦੀ ਖ਼ਰੀਦ,  ਖ਼ਰੀਦ ਤੋਂ ਪਹਿਲਾਂ ਕਿਸਾਨਾਂ ਅਤੇ ਲੇਬਰ ਨੂੰ ਵੰਡੇ ਮਾਸਕ

ਕਿਹਾ, ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਸ਼ੁਰੂ ਕਰਵਾਈ ਕਣਕ ਦੀ ਖ਼ਰੀਦ,  ਖ਼ਰੀਦ ਤੋਂ ਪਹਿਲਾਂ ਕਿਸਾਨਾਂ ਅਤੇ ਲੇਬਰ ਨੂੰ ਵੰਡੇ ਮਾਸਕ

ਕਰੋਨਾ ਵਾਇਰਸ ਦੇ ਚੱਲਦਿਆਂ ਸੋਸ਼ਲ ਡਿਸਟੈਂਸਿੰਗ ਬਣਾ ਕੇ ਕਰਵਾਈ ਜਾ ਰਹੀ ਹੈ ਖ਼ਰੀਦ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ/ਗੁਰੂਹਰਸਹਾਏ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦਾਣਾ ਮੰਡੀ ਗੁਰੂਹਰਸਹਾਏ ਵਿਖੇ ਸੋਸ਼ਲ ਡਿਸਟੈਂਸਿੰਗ ਬਣਾ ਕੇ ਕਣਕ  ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣ ਤੋਂ ਪਹਿਲਾਂ ਉਨ੍ਹਾਂ ਵੱਲੋਂ ਕਿਸਾਨਾਂ ਅਤੇ ਲੇਬਰ ਨੂੰ ਸੈਨੇਟਾਈਜ਼ਰ, ਮਾਸਕ ਅਤੇ ਸਾਬਣ ਵੰਡੇ ਗਏ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਆੜ੍ਹਤੀਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਮੰਡੀਆਂ ਵਿਚ ਸੋਸ਼ਲ ਡਿਸਟੈਂਸਿੰਗ ਬਣਾਈ ਰੱਖਣੀ ਬਹੁਤ ਜ਼ਰੂਰੀ ਹੈ, ਇਸ ਲਈ ਖ਼ਰੀਦ ਕਰਾਉਣ ਮੌਕੇ ਸੋਸ਼ਲ ਡਿਸਟੈਸਿੰਗ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਰਕੀਟ ਕਮੇਟੀ ਰਾਹੀਂ ਕਿਸਾਨਾਂ/ਆੜ੍ਹਤੀਆਂ ਨੂੰ ਪਾਸ ਜਾਰੀ ਕੀਤੇ ਜਾ ਰਹੇ ਹਨ ਇਸ ਲਈ ਕਿਸਾਨ ਆਪਣੀ ਫ਼ਸਲ ਵੇਚਣ ਲਈ ਆਪਣਾ ਪਾਸ ਨਾਲ ਲੈ ਕੇ ਆਉਣ।  ਉਨ੍ਹਾਂ ਸਮੂਹ ਕਿਸਾਨਾਂ/ਆੜ੍ਹਤੀਆਂ ਤੇ ਲੇਬਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੂੰਹ ਤੇ ਮਾਸਕ ਪਾ ਕੇ ਰੱਖਣ ਤੇ ਸੈਨੇਟਾਈਜ਼ਰ ਦੀ ਵਰਤੋਂ ਕਰੋ ਅਤੇ ਜੇਕਰ ਕਿਸੇ ਕੋਲ ਨਹੀਂ ਹੈ ਤਾਂ ਉਹ ਸਾਨੂੰ ਦੱਸਣ ਅਸੀਂ ਮਾਸਕ ਦਿਆਂਗੇ। ਉਨ੍ਹਾਂ ਕਿਹਾ ਕਿ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਵੀ ਖ਼ਰੀਦੀ ਗਈ ਕਣਕ ਦੀ ਢੋਆ ਢੁਆਈ ਲਈ ਟਰਾਂਸਪੋਰਟੇਸ਼ਨ ਅਤੇ ਲੇਬਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜ਼ਿਲ੍ਹੇ ਦੀ ਕਿਸੇ ਵੀ ਅਨਾਜ ਮੰਡੀ ਵਿੱਚ ਬਾਰਦਾਨੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਇਸ ਲਈ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ, ਤਾਂ ਜੋ ਉਸ ਦੀ ਖ਼ਰੀਦ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਅੱਗੇ ਦੱਸਿਆ ਕਿ 17 ਅਪ੍ਰੈਲ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5248 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ 4388 ਮੀਟ੍ਰਿਕ ਟਨ ਦੀ ਖ਼ਰੀਦ ਹੋਈ ਹੈ, ਜਿਸ ਵਿਚੋਂ ਪਨਗਰੇਨ ਵੱਲੋਂ 984 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 897, ਪਨਸਪ ਵੱਲੋਂ 1125, ਪੰਜਾਬ ਵੇਅਰਹਾਊਸ ਵੱਲੋਂ 1170, ਐਫਸੀਆਈ ਵੱਲੋਂ 212 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ। ਇਸ ਮੌਕੇ ਕਾਂਗਰਸੀ ਆਗੂ ਹੀਰਾ ਸੋਢੀ ਅਤੇ ਸਕੱਤਰ ਮਾਰਕੀਟ ਕਮੇਟੀ ਸਤਨਾਮ ਸਿੰਘ ਤੋ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ। /(18 ਅਪ੍ਰੈਲ 2020)