ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੀ ਝੋਨੇ ਦੀ ਖ਼ਰੀਦ ਸਬੰਧੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ  ਕੀਤੀ ਵਰਚੂਅਲ ਮੀਟਿੰਗ ਅਤੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੀ ਝੋਨੇ ਦੀ ਖ਼ਰੀਦ ਸਬੰਧੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ  ਕੀਤੀ ਵਰਚੂਅਲ ਮੀਟਿੰਗ ਅਤੇ ਲਿਆ ਜਾਇਜ਼ਾ

ਮਾਲੇਰਕੋਟਲਾ, 14 ਅਕਤੂਬਰ, 2023: ਮਾਲੇਰਕੋਟਲਾ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ। ਮਾਲੇਰਕੋਟਲਾ ਜ਼ਿਲ੍ਹੇ ਦੀਆਂ 46 ਮੰਡੀਆਂ ਵਿੱਚੋਂ 30 ਮੰਡੀਆਂ ਵਿੱਚ 11,788 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਕਰੀਬ ਹੁਣ ਤੱਕ 10,191 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। 

ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 4700 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3130 ਮੀਟ੍ਰਿਕ ਟਨ, ਪਨਸਪ ਵੱਲੋਂ 1150 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1211 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 14.77 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ 'ਚ ਚੱਲ ਰਹੀ ਝੋਨੇ ਦੀ ਖ਼ਰੀਦ ਸਬੰਧੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ  ਵਰਚੂਅਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਕਰਨੀ ਅਤੇ ਫ਼ਸਲ ਦੀ ਅਦਾਇਗੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਨ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਲਿਫ਼ਟਿੰਗ ਦੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ, ਲਿਫ਼ਟਿੰਗ ਨੂੰ ਨਿਰਵਿਘਨ ਜਾਰੀ ਰੱਖਣ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਜਿਨਸ ਢੇਰੀ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ।

ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਮੁੜ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ਵਿੱਚ ਕਿਸਾਨਾਂ ,ਆੜ੍ਹਤੀਆਂ ਅਤੇ ਮੰਡੀ ਮਜ਼ਦੂਰਾਂ ਦੀ ਸਹੂਲਤ ਲਈ ਪੀਣ ਯੋਗ ਪਾਣੀ,ਪਖਾਨੇ, ਬੈਠਣ ਦਾ ਉਚਿਤ ਪ੍ਰਬੰਧ, ਰੋਸ਼ਨੀ ਦੀ ਉਚਿਤ ਵਿਵਸਥਾ,ਤਰਪਾਲਾਂ ਆਦਿ ਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ। ਕਿਸਾਨਾਂ ਅਤੇ ਮੰਡੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ । ਜੇਕਰ ਬਰਸਾਤ ਆਉਂਦੀ ਹੈ ਤਾਂ ਕਿਸਾਨਾਂ ਦੀ ਜਿਨਸ ਨੂੰ ਤਰਪਾਲਾਂ ਨਾਲ ਕਵਰ ਕਰਨ ਲਈ ਲੋੜੀਂਦੀਆਂ ਤਰਪਾਲਾਂ ਮੰਡੀਆਂ ਵਿੱਚ ਉਪਲਬਧ ਕਰਵਾਈਆਂ ਜਾਣ ਅਤੇ ਕਵਰ ਕਰਨ ਲਈ ਆਪਣੇ ਪੁਖ਼ਤਾ ਪ੍ਰਬੰਧਾਂ ਯਕੀਨੀ ਬਣਾਏ ਜਾਣ ।

ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਨ ਅਤੇ ਸਮੇਂ ਸਿਰ ਕਿਸਾਨਾਂ ਨੂੰ ਮਸ਼ੀਨਰੀ ਉਪਲਬਧ ਕਰਵਾਉਣ ਦੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖ਼ਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖ਼ਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਫ਼ਸਲਾਂ ਲਈ ਲਾਭਦਾਇਕ ਕੀੜੇ ਵੀ ਮਰ ਜਾਂਦੇ ਹਨ।