ਕੋਵਿਡ ਮਹਾਮਾਰੀ ਤੋਂ ਬਚਾਅ ਲਈ ਟੀਕਾਕਰਨ ਲਈ ਬੇਝਿਜਕ ਅੱਗੇ ਆਉਣ ਜ਼ਿਲਾ ਵਾਸੀ-ਡੀ. ਸੀ

45 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਲਗਵਾ ਸਕਦੈ ਕੋਵਿਡ ਵੈਕਸੀਨ

ਕੋਵਿਡ ਮਹਾਮਾਰੀ ਤੋਂ ਬਚਾਅ ਲਈ ਟੀਕਾਕਰਨ ਲਈ ਬੇਝਿਜਕ ਅੱਗੇ ਆਉਣ ਜ਼ਿਲਾ ਵਾਸੀ-ਡੀ. ਸੀ
ਕੋਵਿਡ ਟੀਕਕਰਨ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ।  ਨਾਲ ਹਨ ਐਸ. ਡੀ. ਐਮ ਵਿਰਾਜ ਤਿੜਕੇ, ਜਗਦੀਸ਼ ਸਿੰਘ ਜੌਹਲ ਤੇ ਦੀਪਕ ਰੁਹੇਲਾ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਤੇ ਹੋਰ। 

ਨਵਾਂਸ਼ਹਿਰ:ਜ਼ਿਲੇ ਵਿਚ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਵਿਅਪਕ ਕਰਨ ਅਤੇ ਜ਼ਿਲਾ ਵਾਸੀਆਂ ਨੂੰ ਵੈਕਸੀਨੇਸ਼ਨ ਦੀ ਸਹੂਲਤ ਬਿਲਕੁਲ ਨੇੜੇ ਪ੍ਰਦਾਨ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ‘ਸੁਪਰ ਸਪਰੈਡਰ’ ਦੀ ਸ਼੍ਰੇਣੀ ਵਿਚ ਆਉਂਦੇ ਲੋਕਾਂ ਨੂੰ ਤੇਜ਼ੀ ਨਾਲ ਵੈਕਸੀਨ ਲਗਾਈ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲੇ ਵਿਚ ਚੱਲ ਰਹੇ ਕੋਵਿਡ ਵੈਕਸੀਨੇਸ਼ਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਕੋਵਿਡ-19 ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ ਅਤੇ ਜ਼ਿਆਦਾ ਖ਼ਤਰਨਾਕ ਹੈ, ਇਸ ਲਈ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਤੇਜ਼ੀ ਨਾਲ ਵਧ ਰਹੇ ਕੋਵਿਡ ਮਾਮਲਿਆਂ ਦੇ ਮੱਦੇਨਜ਼ਰ ਅਗਲੇ ਕੁਝ ਹਫ਼ਤੇ ਬੇਹੱਦ ਸੰਵੇਦਨਸ਼ੀਲ ਹਨ, ਜਿਸ ਦੌਰਾਨ ਕੇਸ ਉੱਚ ਪੱਧਰ ’ਤੇ ਜਾਣ ਦਾ ਖਦਸ਼ਾ ਹੈ। ਉਨਾਂ ਕਿਹਾ ਕਿ ਅਜਿਹੇ ਹਾਲਾਤ ਤੋਂ ਬਚਾਅ ਦਾ ਇਕੋ-ਇਕ ਹੱਲ ਵੈਕਸੀਨੇਸ਼ਨ ਵਿਚ ਤੇਜ਼ੀ ਲਿਆਉਣਾ ਹੈ। ਉਨਾਂ ਸਮੂਹ ਐਸ. ਐਮ. ਓਜ਼ ਨੂੰ ਟੀਕਾਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧੀ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਬੇਝਿਜਕ ਹੋ ਕੇ ਟੀਕਾਕਰਨ ਲਈ ਅੱਗੇ ਆਉਣ, ਕਿਉਂਕਿ ਇਸ ਪ੍ਰਤੀ ਲਾਪਰਵਾਹੀ ਘਾਤਕ ਸਿੱਧ ਹੋ ਸਕਦੀ ਹੈ। ਉਨਾਂ ਕਿਹਾ ਕਿ ਕੋਵਿਡ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਇਸ ਸਬੰਧੀ ਕਿਸੇ ਵੀ ਤਰਾਂ ਦੀਆਂ ਅਫ਼ਵਾਹਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਇਸ ਬਿਮਾਰੀ ਤੋਂ ਰੱਖਿਆ ਕਰਨ ਲਈ ਸਭਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨਾਂ ਦੱਸਿਆ ਕਿ 1 ਅਪ੍ਰੈਲ ਤੋਂ 45 ਸਾਲ ਤੱਕ ਦਾ ਕੋਈ ਵੀ ਵਿਅਕਤੀ ਆਪਣਾ ਕੋਈ ਵੀ ਫੋਟੋ ਸ਼ਨਾਖ਼ਤੀ ਕਾਰਡ ਦਿਖਾ ਕੇ ਵੈਕਸੀਨ ਲਗਵਾ ਸਕਦਾ ਹੈ। ਉਨਾਂ ਦੱਸਿਆ ਕਿ ਇਸ ਵੇਲੇ ਜ਼ਿਲੇ ਵਿਚ 53 ਸਿਹਤ ਸੰਸਥਾਵਾਂ ਵਿਚ ਹਫ਼ਤੇ ਦੇ ਸਾਰੇ ਸੱਤ ਦਿਨ ਵੈਕਸੀਨੇਸ਼ਨ ਦੀ ਸਹੂਲਤ ਉਪਲਬੱਧ ਹੈ, ਜਿਨਾਂ ਵਿਚ 47 ਸਰਕਾਰੀ ਅਤੇ 6 ਪ੍ਰਾਈਵੇਟ ਸਿਹਤ ਸੰਸਥਾਵਾਂ ਸ਼ਾਮਿਲ ਹਨ। ਉਨਾਂ ਦੱਸਿਆ ਕਿ ਹੁਣ ਕੋਵਿਡ ਟੀਕਾਕਰਨ ਸਾਰੇ ਸਰਕਾਰੀ ਹਸਪਤਾਲਾਂ, ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿਖੇ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਅਗਾਮੀ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਮਾਰਕੀਟ ਕਮੇਟੀਆਂ, ਮੰਡੀਆਂ ਆਦਿ ਵਿਚ ਵਿਸ਼ੇਸ਼ ਸੈਸ਼ਨ ਲਗਾ ਕੇ ਵੈਕਸੀਨ ਕਰਵਾਈ ਜਾਵੇਗੀ।

ਡਾ. ਸ਼ੇਨਾ ਅਗਰਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਫਰੰਟ ਲਾਈਨ ਵਰਕਰਾਂ ਵਜੋਂ ਆਪਣਾ ਟੀਕਾਕਰਨ ਯਕੀਨੀ ਬਣਾਉਣ ਲਈ ਕਿਹਾ। ਇਸੇ ਤਰਾਂ ਉਨਾਂ ਮਾਲ ਮਹਿਕਮੇ ਨਾਲ ਸਬੰਧਤ ਸਮੂਹ ਸਟਾਫ, ਪਟਵਾਰੀਆਂ, ਨੰਬਰਦਾਰਾਂ ਅਤੇ ਚੌਕੀਦਾਰਾਂ ਆਦਿ ਦੇ ਵੀ ਫਰੰਟ ਲਾਈਨ ਵਰਕਰਾਂ ਵਜੋਂ ਟੀਕਾਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨਾਂ ਸਮੂਹ ਕੌਂਸਲਰਾਂ, ਆਗੂਆਂ, ਵੱਖ-ਵੱਖ ਜਥੇਬੰਦੀਆਂ, ਸਰਪੰਚਾਂ-ਪੰਚਾਂ ਅਤੇ ਹੋਰਨਾਂ ਮੋਹਤਬਰਾਂ ਨੂੰ ਆਪ ਮਿਸਾਲ ਬਣ ਕੇ ਵੈਕਸੀਨ ਲਗਵਾਉਣ ਅਤੇ ਹੋਰਨਾਂ ਨੂੰ ਵੈਕਸੀਨੇਸ਼ਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। 

ਇਸ ਮੌਕੇ ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਡੀ. ਐਸ. ਪੀ ਨਵਨੀਤ ਕੌਰ ਗਿੱਲ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਕੁਮਾਰ ਢਾਂਡਾ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਜਤਿੰਦਰ ਸਿੰਘ, ਡੀ. ਡੀ. ਪੀ. ਓ ਦਵਿੰਦਰ ਕੁਮਾਰ ਤੋਂ ਇਲਾਵਾ ਸਮੂਹ ਐਸ. ਐਮ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।  
ਕੈਪਸ਼ਨ :