ਕੋਰੋਨਾ ਮਹਾਂਮਾਰੀ ਦੀ ਰੋਕਥਾਮ 'ਚ ਸ਼ਹੀਦ ਭਗਤ ਸਿੰਘ ਨਗਰ ਦੀ ਸਫਲ ਕਹਾਣੀ ਨੂੰ ਹਰ ਕੋਈ ਯਾਦ ਰੱਖੇਗਾ : ਡਾ. ਸ਼ੇਨਾ ਅਗਰਵਾਲ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਕੋਰੋਨਾ ਯੋਧਿਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਕੋਰੋਨਾ ਮਹਾਂਮਾਰੀ ਦੀ ਰੋਕਥਾਮ 'ਚ ਸ਼ਹੀਦ ਭਗਤ ਸਿੰਘ ਨਗਰ ਦੀ ਸਫਲ ਕਹਾਣੀ ਨੂੰ ਹਰ ਕੋਈ ਯਾਦ ਰੱਖੇਗਾ : ਡਾ. ਸ਼ੇਨਾ ਅਗਰਵਾਲ

ਨਵਾਂਸ਼ਹਿਰ: ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਤਹਿਤ ਜ਼ਿਲ੍ਹੇ ਵਿਚ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਜ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
 
ਸਿਹਤ ਵਿਭਾਗ ਦੇ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਜ ਸਨਮਾਨਿਤ ਕੀਤਾ ਗਿਆ, ਉਨ੍ਹਾਂ ਵਿਚ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਜਵਿੰਦਰਵੰਤ ਸਿੰਘ ਬੈਂਸ, ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਡਾ. ਸ਼ਿਆਮਾਵੇਦਾ ਦੇਵੀ, ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ, ਡਾ ਊਸ਼ਾ ਕਿਰਨ, ਡਾ ਕਵਿਤਾ ਭਾਟੀਆ, ਡਾ ਮਨਦੀਪ ਕਮਲ, ਡਾ ਅੰਨੂ, ਡਾ ਰਵਿੰਦਰ ਸਿੰਘ, ਡਾ ਹਰਬੰਸ ਸਿੰਘ, ਡਾ ਗੁਰਵਿੰਦਰਜੀਤ ਸਿੰਘ, ਡਾ ਕੁਲਵਿੰਦਰ ਸਿੰਘ ਮਾਨ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਪੀਏ ਅਜੇ ਕੁਮਾਰ ਤੇ ਏ.ਐਨ.ਐਮ. ਰੰਜਨਾ ਕੁਮਾਰੀ ਸਮੇਤ ਹੋਰ ਕਰਮਚਾਰੀ ਤੇ ਆਸ਼ਾ ਵਰਕਰਾਂ ਸ਼ਾਮਲ ਸਨ।
 
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਇੱਥੇ ਕਰਵਾਏ ਗਏ ਸਨਮਾਨ ਸਮਾਰੋਹ ਵਿਚ ਸਿਹਤ ਵਿਭਾਗ ਦੇ ਕੋਰੋਨਾ ਯੋਧਿਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇਣ ਉਪਰੰਤ ਸੰਬੋਧਨ ਕਰਦੇ ਹੋਏ ਕਿਹਾ ਕਿ ਕੋਰੋਨਾ ਦੀ ਰੋਕਥਾਮ ਵਿਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਸਫਲ ਕਹਾਣੀ ਨੂੰ ਹਰ ਕੋਈ ਯਾਦ ਰੱਖੇਗਾ। ਉਨ੍ਹਾਂ ਕੋਰੋਨਾ ਦੇ ਸ਼ੁਰੂਆਤੀ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਪਠਲਾਵਾ ਪਿੰਡ ਵਿਚ ਸੂਬੇ ਦਾ ਪਹਿਲਾ ਕੋਰੋਨਾ ਕੇਸ ਸਾਹਮਣੇ ਆਇਆ ਸੀ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਜਿਸ ਤਰ੍ਹਾਂ ਨਾਲ ਸਿਹਤ ਵਿਭਾਗ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰ ਰਿਹਾ ਹੈ, ਉਹ ਸ਼ਲਾਘਾਯੋਗ ਹੈ ਅਤੇ ਇਸ ਸਫਲ ਕਹਾਣੀ ਨੂੰ ਪੂਰਾ ਦੇਸ਼ ਜਾਣਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਸਮੇਤ ਪੂਰੇ ਸਟਾਫ ਨੇ ਤਨਦੇਹੀ ਨਾਲ ਕੰਮ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੇਹੱਦ ਸਹਿਯੋਗ ਕੀਤਾ। ਉਨ੍ਹਾਂ ਕੋਰੋਨਾ ਯੋਧਿਆਂ ਨੂੰ ਹੁਣ ਵੈਕਸੀਨੇਸ਼ਨ ਵਿਚ 100 ਫੀਸਦੀ ਕਵੇਰਜ ਕਰਨ ਲਈ ਵੀ ਕਿਹਾ ਤਾਂ ਜੋ ਸੰਭਾਵਿਤ ਤੀਜੀ ਲਹਿਰ ਨੂੰ ਠੱਲ੍ਹ ਪਾਈ ਜਾ ਸਕੇ।
 
ਇਸ ਮੌਕੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਜੰਗ ਛੇੜੀ ਹੋਈ ਹੈ, ਜਿਸ ਵਿਚ ਸਿਹਤ ਵਿਭਾਗ ਦੇ ਹਰ ਅਧਿਕਾਰੀ ਅਤੇ ਕਰਮਚਾਰੀ ਨੇ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਮਿਸ਼ਨ ਫਤਹਿ ਇਸ ਔਖੀ ਘੜੀ ਵਿਚੋਂ ਸੂਬੇ ਨੂੰ ਬਾਹਰ ਕੱਢਣ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਿਸ਼ਨ ਫਤਹਿ ਜ਼ਿਲ੍ਹੇ ਵਿਚ ਸਾਕਾਰਤਮਕ ਮਾਹੌਲ ਸਿਰਜਣ ਵਿਚ ਸਹਾਈ ਸਿੱਧ ਹੋ ਰਿਹਾ ਹੈ, ਜਿਸ ਨਾਲ ਵਿਸ਼ਵ ਦੀ ਇਸ ਮਹਾਂਮਾਰੀ ਦਾ ਸਫਲਤਾ ਪੂਰਵਕ ਟਾਕਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੋਵਿਡ-19 ਮਰੀਜ਼ਾਂ ਦੇ ਬਿਹਤਰ ਇਲਾਜ, ਟ੍ਰੇਸਿੰਗ, ਟੈਸਟਿੰਗ, ਹੋਮ ਆਈਸੋਲੇਸ਼ਨ ਕਰਨ ਤੇ ਵੈਕਸੀਨੇਸ਼ਨ ਕਰਨ ਤੋਂ ਇਲਾਵਾ ਜਾਗਰੂਕਤਾ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਨਾਲ ਕੋਰੋਨਾ ਵਾਇਰਸ ਦੀ ਚੇਨ ਟੁੱਟੀ ਹੈ ਜੋ ਕਿ ਕਾਬਿਲੇ ਤਾਰੀਫ਼ ਹੈ।