ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰ ਕੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਾਏ ਜਾਣ - ਏ.ਡੀ.ਸੀ.

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰ ਕੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਾਏ ਜਾਣ - ਏ.ਡੀ.ਸੀ.

ਫ਼ਿਰੋਜ਼ਪੁਰ, 11 ਨਵੰਬਰ, 2022:
          ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸਾਗਰ ਸੇਤੀਆ ਆਈ.ਏ.ਐਸ. ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਅਤੇ ਵਿਕਾਸ ਕਾਰਜਾਂ ਨੂੰ ਛੇਤੀ ਮੁਕੰਮਲ ਕਰਨ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮਹੀਨਾਵਾਰ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਵਿਭਾਗ ਨਾਲ ਸਬੰਧਿਤ ਪੈਡਿੰਗ ਪਏ ਵਿਕਾਸ ਕਾਰਜਾਂ ਨੂੰ ਤੁਰੰਤ ਪੂਰਾ ਕਰ ਕੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਾਉਣ ਦੇ ਨਿਰਦੇਸ਼ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਜਿਵੇਂ ਕਿ ਸੜਕਾਂ ਦੀ ਉਸਾਰੀ/ਮੁਰੰਮਤ, ਲਿੰਕ ਰੋਡਜ਼, ਗਲੀਆਂ, ਇੰਟਰਲੌਕਿੰਗ, ਨਾਲੀਆਂ, ਓਵਰ ਬ੍ਰਿਜ, ਸੀਵਰੇਜ, ਪਖਾਨਿਆਂ, ਘਰ-ਘਰ ਜਲ, ਰੂਰਲ ਸੈਨੀਟੇਸ਼ਨ, ਸੋਲਿਡ ਵੇਸਟ ਮੈਨੇਜਮੈਂਟ, ਰੋਜ਼ਗਾਰ, ਖਾਦ ਦੀ ਸਪਲਾਈ, ਇਰੀਗੇਸ਼ਨ, ਕਿਸਾਨ ਸ਼ੈਡ, ਕਮਿਊਨਿਟੀ ਹਾਲ, ਗਊਸ਼ਾਲਾਵਾਂ, ਕੰਢੀ ਏਰੀਆ ਵਿਕਾਸ, ਸਿਹਤ ਤੇ ਸਿੱਖਿਆ ਆਦਿ ਸਬੰਧੀ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਅੰਦਰ ਜੋ ਵਿਕਾਸ ਕਾਰਜ ਚੱਲ ਰਹੇ ਹਨ ਉਨ੍ਹਾਂ ਦਾ ਮੌਕੇ ਤੇ ਜਾ ਕੇ ਰਿਵੀਊ ਕੀਤਾ ਜਾਵੇ ਅਤੇ ਉਨ੍ਹਾਂ ਕੰਮਾਂ ਦੀਆਂ ਫੋਟੋਆਂ ਅਤੇ ਰਿਪੋਰਟ ਪੇਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਲਾਈ ਅਤੇ ਵਿਕਾਸ ਕੰਮਾਂ ਵਿਚ ਕਿਸੇ ਤਰ੍ਹਾਂ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇਕਰ ਕੋਈ ਅਧਿਕਾਰੀ ਇਨ੍ਹਾਂ ਕੰਮਾਂ ਵਿਚ ਕੁਤਾਹੀ ਕਰਦਾ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਕਰਦਿਆਂ ਸਬੰਧਿਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਦੀਆਂ ਸਕੀਮਾਂ ਦਾ ਬਣਦਾ ਲਾਭ ਸਾਰੇ ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਉਚਿਤ ਸਮੇਂ ਤੇ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਕੂਲਾਂ ਵਿਚ ਚੱਲ ਰਹੇ ਪ੍ਰਾਜੈਕਟ ਅਤੇ ਕੰਸਟਰੱਕਸ਼ਨ ਵਰਕ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਲਈ ਆਖਿਆ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ, ਡੀ.ਡੀ.ਪੀ.ਓ. ਸ੍ਰੀ ਸੰਜੀਵ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।