ਸ਼ਹਿਰ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ - ਉਪ ਮੰਡਲ ਮੈਜਿਸਟ੍ਰੇਟ ਗੁਰਸਿਮਰਨ ਸਿੰਘ ਢਿੱਲੋਂ

ਕਲੀਨਿਕ ਖੋਲ੍ਹਣ ਲਈ ਹਲਕਾ ਉੱਤਰੀ 'ਚ ਵੱਖ-ਵੱਖ ਸਥਾਨਾਂ ਦੀ ਕੀਤੀ ਸਮੀਖਿਆ

ਸ਼ਹਿਰ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ - ਉਪ ਮੰਡਲ ਮੈਜਿਸਟ੍ਰੇਟ ਗੁਰਸਿਮਰਨ ਸਿੰਘ ਢਿੱਲੋਂ

ਲੁਧਿਆਣਾ, 26 ਨਵੰਬਰ, 2022: ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਜਾ ਰਹੇ ਹਨ, ਜਿਸਦੇ ਤਹਿਤ ਉਪ-ਮੰਡਲ ਮੈਜਿਸ਼ਟ੍ਰੇਟ ਲੁਧਿਆਣਾ ਪੂਰਬੀ ਸ. ਗੁਰਸਿਮਰਨ ਸਿੰਘ ਢਿੱਲੋਂ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਕਲੀਨਿਕ ਖੋਲਣ ਲਈ ਵੱਖ-ਵੱਖ ਢੁੱਕਵੇਂ ਸਥਾਨਾਂ ਦੀ ਸਮੀਖਿਆ ਕੀਤੀ ਗਈ।

ਐਸ.ਡੀ.ਐਮ. ਸ.ਗੁਰਸਿਮਰਨ ਸਿੰਘ ਢਿੱਲੋਂ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਿਆਰੀ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਸਥਾਨਕ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਸ਼ਹਿਰ ਵਿੱਚ ਹੋਰ ਮੁਹੱਲਾ ਕਲੀਨਿਕ ਵੀ ਖੋਲੇ ਜਾ ਰਹੇ ਹਨ ਜਿਸ ਲਈ ਉਨ੍ਹਾਂ ਅੱਜ ਹਲਕਾ ਉੱਤਰੀ ਅਧੀਨ ਵਾਰਡ ਨੰਬਰ 88, 90 ਅਤੇ 95 ਵਿਖੇ ਵੱਖ-ਵੱਖ ਢੁੱਕਵੇਂ ਸਥਾਨਾਂ ਦਾ ਦੌਰਾ ਕੀਤਾ ਜਿੱਥੇ ਇਹ ਕਲੀਨਿਕ ਖੋਲ੍ਹੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸਦਾ ਲਾਭ ਮਿਲ ਸਕੇ।

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਸੀਨੀਅਰ ਆਮ ਆਦਮੀ ਪਾਰਟੀ ਆਗੂ ਸ੍ਰੀ ਅਮਨ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਸ. ਭਗਵੰਤ ਮਾਨ ਦੀ ਅਗੁਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਮੁਹੱਲਾ ਕਲੀਨਿਕ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ 15 ਅਗਸਤ ਮੌਕੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ 75 ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲੇ ਗਏ ਸਨ।

ਉਨ੍ਹਾ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋ ਜਾਣ ਦੇ ਨਾਲ ਆਮ ਲੋਕਾਂ ਨੂੰ ਛੋਟੇ ਇਲਾਜ਼ਾਂ ਦੇ ਲਈ ਦੂਰ ਦੁਰਾਡੇ ਹਸਪਤਾਲਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਦਾ ਇਲਾਜ਼ ਨੇੜੇ ਬਣੇ ਮੁਹੱਲਾ ਕਲੀਨਿਕਾਂ ਦੇ ਵਿੱਚ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਸਿਹਤ ਸਹੂਲਤਾਂ ਵਿਚ ਵਾਧਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ।

ਇਸ ਮੌਕੇ ਅਨਿਲ ਸ਼ਰਮਾ, ਅਜੀਤ ਢਿੱਲੋਂ, ਗੁਲਸ਼ਨ ਬੁਟੀ, ਕਮਲ ਬਾਤਿਸ਼, ਨਵੀਨ ਕਠਪਾਲ ਅਤੇ ਗੁਲਸ਼ਨ ਕੁਮਾਰ ਤੋਂ ਇਲਾਵਾ ਹੋਰ ਵੀ ਮੌਜੂਦ ਸਨ।