ਆਕਸੀਜ਼ਨ ਦੀ ਕਮੀ ਨਾਲ ਪੰਜ ਕੋਵਿਡ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਪੂਰੀ ਤਰ੍ਹਾਂ ਬੇਬੁਨਿਆਦ ਤੇ ਝੁੱਠੀ ਹੈ - ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਸੋਸ਼ਲ ਮੀਡੀਆ 'ਤੇ ਝੁੱਠੀ ਖਬ਼ਰ ਫੈਲਾਉਣ ਵਾਲੇ ਦੇ ਵਿਰੁੱਧ, ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਆਕਸੀਜ਼ਨ ਦੀ ਕਮੀ ਨਾਲ ਪੰਜ ਕੋਵਿਡ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਪੂਰੀ ਤਰ੍ਹਾਂ ਬੇਬੁਨਿਆਦ ਤੇ ਝੁੱਠੀ ਹੈ - ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ, ਲੁਧਿਆਣਾ ।

ਲੁਧਿਆਣਾ: ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਪੱਸ਼ਟ ਕਰਦਿਆਂ ਕਿਹਾ ਕਿ ਪੰਜ ਕੋਵਿਡ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਪੂਰੀ ਤਰ੍ਹਾਂ ਬੇਬੁਨਿਆਦ, ਝੁੱਠੀ ਅਤੇ ਸੱਚਾਈ ਤੋਂ ਕੋਹਾਂ ਦੂਰ ਹੈ।

ਇੱਕ ਨਿੱਜੀ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਪੰਜ ਕੋਵਿਡ ਮਰੀਜ਼ਾਂ ਦੀ ਮੌਤ ਹੋਣ ਦਾ ਦਾਅਵਾ ਕਰਨ ਵਾਲੀ ਜਾਅਲੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਡੀ.ਪੀ.ਆਰ.ਓ ਲੁਧਿਆਣਾ ਦੇ ਅਧਿਕਾਰਤ ਪੇਜ 'ਤੇ ਫੇਸਬੁੱਕ ਲਾਈਵ ਦੌਰਾਨ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿੱਜੀ ਹਸਪਤਾਲ ਵਿੱਚ ਕਿਸੇ ਵੀ ਮਰੀਜ਼ ਦੀ ਮੌਤ ਆਕਸੀਜਨ ਦੀ ਕਮੀ ਨਾਲ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਇਹ ਮੌਤਾਂ ਕੋਰੋਨਾ ਮਹਾਂਮਾਰੀ ਕਾਰਨ ਹੋਈਆਂ ਹਨ।

ਉਨ੍ਹਾਂ ਲੋਕਾਂ ਨੂੰ ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਅਤੇ ਪੁਲਿਸ ਕਮਿਸ਼ਨਰ ਨੂੰ ਅਜਿਹੇ ਸੰਵੇਦਨਸ਼ੀਲ ਸਮੇਂ ਦੌਰਾਨ ਅਜਿਹੀਆਂ ਝੂਠੀਆਂ ਖ਼ਬਰਾਂ ਫੈਲਾਉਣ ਅਤੇ ਲੋਕਾਂ ਵਿਚ ਪ੍ਰੇਸ਼ਾਨੀ ਅਤੇ ਡਰ ਪੈਦਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਅਲੀ ਖ਼ਬਰ ਵਿਚ ਜ਼ਿਕਰ ਕੀਤੇ ਗਏ ਨਿੱਜੀ ਹਸਪਤਾਲ ਨੂੰ ਰੋਜ਼ਾਨਾ 150 ਆਕਸੀਜਨ ਸਿਲੰਡਰ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਮੌਜੂਦਾ ਸਮੇਂ ਵੀ ਹਸਪਤਾਲ ਵਿੱਚ  ਆਕਸੀਜਨ ਗੈਸ ਦਾ ਲੋੜੀਂਦਾ ਸਟਾਕ ਮੌਜੂਦ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਲੈਵਲ-3 ਦੇ ਮਰੀਜ਼ਾਂ ਵਿੱਚ ਵਾਧਾ ਹੋਣ ਦੇ ਬਾਵਜੂਦ ਲੁਧਿਆਣਾ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਦੀ ਘਾਟ ਨਹੀਂ ਹੈ।