ਨਵੇਂ ਸਾਲ ਦੇ ਆਗਮਨ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕਰਵਾਏ ਸੁਖਮਨੀ ਸਾਹਿਬ ਦੇ ਪਾਠ

ਨਵੇਂ ਸਾਲ ਦੇ ਆਗਮਨ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕਰਵਾਏ ਸੁਖਮਨੀ ਸਾਹਿਬ ਦੇ ਪਾਠ

ਮਾਲੇਰਕੋਟਲਾ, 1 ਜਨਵਰੀ, 2023: ਨਵੇਂ ਸਾਲ ਦੇ ਆਗਮਨ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਗਏ । ਇਸ ਉਪਰੰਤ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਅਤੁੱਟ ਲੰਗਰ ਵੀ ਵਰਤਾਈਆਂ ਗਿਆ ।

ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਲ 2024 ਸਾਰਿਆਂ ਲਈ ਖ਼ੁਸ਼ੀਆਂ ਲੈ ਕੇ ਆਵੇ ਤੇ ਪ੍ਰਮਾਤਮਾ ਸਭ ਨੂੰ ਤਰੱਕੀਆਂ ਦੀ ਦਾਤ ਬਖ਼ਸ਼ੇ ।ਇਸ ਦੇ ਨਾਲ-ਨਾਲ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਿਛਲੇ ਸਾਲ ਦੀ ਤਰ੍ਹਾਂ ਨਵੇਂ ਸਾਲ ਵਿੱਚ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਹੋਰ ਜ਼ਿੰਮੇਵਾਰੀ ਨਾਲ ਲੋਕਾਂ ਸੇਵਾ ਨੂੰ ਸਮਰਪਿਤ ਹੋ ਕੇ ਕਰਨ ਦੀ ਅਪੀਲ ਕੀਤੀ । ਉਨ੍ਹਾਂ ਹੋਰ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਲੋਕ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਦਾ ਲਾਭ,ਲੋੜਵੰਦ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਉਨ੍ਹਾਂ ਹੋਰ ਕਿਹਾ ਕਿ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਦਫ਼ਤਰਾਂ ਵਿਖੇ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦਫ਼ਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆਂ ਜਾਵੇ ਤਾਂ ਜੋ ਲੋਕ ਖ਼ੁਸ਼ੀ-ਖ਼ੁਸ਼ੀ ਆਪਣਾ ਦਫ਼ਤਰੀ ਕੰਮ ਕਰਵਾ ਕੇ ਘਰਾਂ ਨੂੰ ਪਰਤਣ। 

ਇਸ ਮੌਕੇ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ, ਐਸ.ਡੀ.ਐਮ.ਮਾਲੇਰਕੋਟਲਾ ਅਪਰਨਾ ਐਮ.ਬੀ.,ਐਸ.ਡੀ.ਐਮ. ਅਹਿਮਦਗੜ੍ਹ ਹਰਬੰਸ ਸਿੰਘ, ਐਸ.ਡੀ.ਐਮ. ਅਮਰਗੜ੍ਹ ਗੁਰਿੰਦਰ ਕੌਰ,ਡੀ.ਆਰ.ਓ ਮਨਮੋਹਨ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।