ਮਾਲੇਰਕੋਟਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਝੋਨੇ ਦੀ 490 ਕਰੋੜ 59 ਲੱਖ ਰੁਪਏ ਦੀ ਹੋਈ ਅਦਾਇਗੀ : ਡਿਪਟੀ ਕਮਿਸ਼ਨਰ

ਮਾਲੇਰਕੋਟਲਾ ਜ਼ਿਲ੍ਹੇ 'ਚ ਕਿਸਾਨਾਂ ਨੂੰ ਝੋਨੇ ਦੀ 490 ਕਰੋੜ 59 ਲੱਖ ਰੁਪਏ ਦੀ ਹੋਈ ਅਦਾਇਗੀ : ਡਿਪਟੀ ਕਮਿਸ਼ਨਰ

ਮਾਲੇਰਕੋਟਲਾ, 7 ਨਵੰਬਰ, 202: ਮਾਲੇਰਕੋਟਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜਿਸ ਤੇਜ਼ੀ ਨਾਲ ਝੋਨੇ ਦੀ ਆਮਦ ਹੋ ਰਹੀ ਹੈ ਉਸੇ ਤੇਜ਼ੀ ਨਾਲ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 02 ਲੱਖ 46 ਹਜ਼ਾਰ 13 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 02 ਲੱਖ 41 ਹਜ਼ਾਰ 832 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 490.59 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 1,39,980 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 57,740 ਮੀਟ੍ਰਿਕ ਟਨ, ਪਨਸਪ ਵੱਲੋਂ 27,380 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 16,532 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਵਪਾਰਿਆ ਵਲੋਂ ਕਰੀਬ 200 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ  

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸਹਿਕਾਰੀ ਸਭਾਵਾਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਸ਼ੀਨਰੀ ਸਮੇਂ ਸਿਰ ਉਪਲਬੱਧ ਕਰਵਾਉਣੀ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਤਾਂ ਜੋ ਗੰਧਲੇ ਹੁੰਦੇ ਵਾਤਾਵਰਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਕਿਸਾਨਾਂ ਨੂੰ ਨਵੀਂ ਮਸ਼ੀਨਰੀ ਵਰਤੋਂ ਸਬੰਧੀ ਜਾਣਕਾਰੀ ਦੇਣ ਲਈ ਬਲਾਕ ਪੱਧਰ 'ਤੇ ਕੈਂਪ ਲਗਾਏ ਜਾ ਰਹੇ ਹਨ।