ਜ਼ਿਲੇ ਵਿਚ ਕਣਕ ਦੀ ਨਿਰਵਿਘਨ ਅਤੇ ਸੁਚੱਜੀ ਖ਼ਰੀਦ ਲਈ ਤਿਆਰੀਆਂ ਜ਼ੋਰਾਂ ’ਤੇ

ਜ਼ਿਲੇ ਵਿਚ ਕਣਕ ਦੀ ਨਿਰਵਿਘਨ ਅਤੇ ਸੁਚੱਜੀ ਖ਼ਰੀਦ ਲਈ ਤਿਆਰੀਆਂ ਜ਼ੋਰਾਂ ’ਤੇ
ਨਵਾਂਸ਼ਹਿਰ ਦਾਣਾ ਮੰਡੀ ਵਿਖੇ ਚੱਲ ਰਹੇ ਸਫ਼ਾਈ ਕਾਰਜਾਂ ਦਾ ਦਿ੍ਰਸ਼। 

ਨਵਾਂਸ਼ਹਿਰ: ਕੋਰੋਨਾ ਮਹਾਮਾਰੀ ਦੇ ਇਸ ਦੌਰ ਵਿਚ ਜਿਥੇ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਸਾਵਧਾਨੀਆਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਉਥੇ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ’ਚ ਕੋਈ ਸਮੱਸਿਆ ਪੇਸ਼ ਨਾ ਆਵੇ, ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪਿਛਲੇ ਸਾਲ ਵੀ ਕੋਰੋਨਾ ਕਾਲ ਦੌਰਾਨ ਫ਼ਸਲਾਂ ਦੀ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਸਨ, ਜਿਸ ਸਦਕਾ ਜਿਥੇ ਖ਼ਰੀਦ ਸੁਚਾਰੂ ਢੰਗ ਨਾਲ ਕੀਤੀ ਗਈ, ਉਥੇ ਮੰਡੀਆਂ ਵਿਚ ਕੋਵਿਡ ਨੂੰ ਫੈਲਣ ਤੋਂ ਰੋਕਣ ਵਿਚ ਵੀ ਸਫਲਤਾ ਹਾਸਲ ਕੀਤੀ ਗਈ। ਹੁਣ ਵੀ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਸਰਕਾਰੀ ਖ਼ਰੀਦ ਸਬੰਧੀ ਪੰਜਾਬ ਸਰਕਾਰ ਵੱਲੋਂ ਬੇਹੱਦ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਤੋਂ ਇਲਾਵਾ ਮੰਡੀਆਂ ਵਿਚ ਕੋਵਿਡ ਤੋਂ ਬਚਾਅ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ ਕਣਕ ਦੀ ਨਿਰਵਿਘਨ ਤੇ ਸੁਚੱਜੀ ਖ਼ਰੀਦ ਲਈ ਤਿਆਰੀਆਂ ਜ਼ੋਰਾਂ ’ਤੇ ਹਨ। ਉਨਾਂ ਦੱਸਿਆ ਕਿ ਜ਼ਿਲੇ ਵਿਚ ਕਣਕ ਦੀ ਖ਼ਰੀਦ ਲਈ 53 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨਾਂ ਵਿਚ 30 ਮੰਡੀਆਂ ਅਤੇ 23 ਵਾਧੂ ਯਾਰਡ ਸ਼ਾਮਲ ਹਨ। ਉਨਾਂ ਦੱਸਿਆ ਕਿ ਸਾਰੇ ਖ਼ਰੀਦ ਕੇਂਦਰਾਂ ’ਤੇ ਕੋਵਿਡ ਤੋਂ ਬਚਾਅ ਸਬੰਧੀ ਸੁਰੱਖਿਆ ਉਪਾਅ ਜਿਵੇਂ, ਮਾਸਕ ਪਹਿਨਣ, ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ, ਸੈਨੇਟਾਈਜ਼ੇਸ਼ਨ, ਹੱਥ ਧੋਣ ਆਦਿ ਯਕੀਨੀ ਬਣਾਏ ਜਾਣਗੇ। ਉਨਾਂ ਦੱਸਿਆ ਕਿ ਮੰਡੀਆਂ ਵਿਚਲੇ ਸਟਾਫ ਸਮੇਤ ਲੇਬਰ ਅਤੇ ਟ੍ਰਾਂਸਪੋਰਟ ਨਾਲ ਸਬੰਧਤ ਵਿਅਕਤੀਆਂ ਦਾ ਕੋਵਿਡ ਟੀਕਾਕਰਨ ਵੀ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਵਾਰ ਵੀ ਕੂਪਨ ਪ੍ਰਣਾਲੀ ਰਾਹੀਂ ਕਣਕ ਦੀ ਖ਼ਰੀਦ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਕਿਸੇ ਤਰਾਂ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਲਈ ਲੋੜੀਂਦੇ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੰਡੀਆਂ ਵਿਚ ਸਫ਼ਾਈ ਦਾ ਕੰਮ ਚੱਲ ਰਿਹਾ ਹੈ।