ਸਰਕਾਰੀ ਖ਼ਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ'ਚ 01 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਖ਼ਰੀਦ- ਡਿਪਟੀ ਕਮਿਸ਼ਨਰ

ਸਰਕਾਰੀ ਖ਼ਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ'ਚ 01 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਖ਼ਰੀਦ- ਡਿਪਟੀ ਕਮਿਸ਼ਨਰ

ਮਾਲੇਰਕੋਟਲਾ 30 ਅਕਤੂਬਰ :

ਖ਼ਰੀਫ਼ ਸੀਜ਼ਨ 2023-24 ਦੌਰਾਨ ਜ਼ਿਲ੍ਹੇ ਵਿੱਚ ਸਥਾਪਿਤ 46 ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਕੁਝ ਤੇਜ਼ੀ ਆਈ ਹੈ ਹੁਣ ਤੱਕ ਕਰੀਬ 109758 ਮੀਟ੍ਰਿਕ ਟਨ ਦੀ ਆਮਦ ਹੋਈ ਹੈ ।ਵੱਖ ਵੱਖ ਸਰਕਾਰੀ ਖ਼ਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ 01 ਲੱਖ 71 ਹਜ਼ਾਰ 66 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

 ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ  ਸਾਂਝੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਝੋਨੇ ਦੀ ਫ਼ਸਲ ਨੂੰ ਖ਼ਰੀਦਣ ਅਤੇ ਖ਼ਰੀਦ ਉਪਰੰਤ ਉਸ ਦੀ ਲਿਫ਼ਟਿੰਗ ਅਤੇ ਸੁਰੱਖਿਅਤ ਭੰਡਾਰਨ ਲਈ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਹਰ ਇੱਕ ਮੰਡੀ ਵਿੱਚ ਖ਼ਰੀਦ ਏਜੰਸੀਆਂ ਵੱਲੋਂ ਖਰੀ ਦੀ ਗਈ ਫ਼ਸਲ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਮੰਡੀ ਵਿਚੋਂ ਚੁੱਕ ਕੇ ਭੰਡਾਰ ਕਰਨ ਵਾਲੀ ਥਾਂ 'ਤੇ ਲਿਜਾਣ ਲਈ ਸਰਕਾਰ ਵੱਲੋਂ ਲੇਬਰ, ਲੇਬਰ-ਕਾਰਟੇਜ, ਟਰਾਂਸਪੋਰਟੇਸ਼ਨ ਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਖ਼ਰੀਦ ਕੀਤੀ ਗਈ ਜਿਨਸ ਦੀ ਲਿਫ਼ਟਿੰਗ 72 ਘੰਟਿਆਂ ਦੇ ਹਿਸਾਬ ਨਾਲ 100.6 ਪ੍ਰਤੀਸ਼ਤ ਹੈ। ਸਮੂਹ ਖ਼ਰੀਦ ਏਜੰਸੀਆਂ ਵੱਲੋਂ ਖਰੀ ਦੀ ਗਈ ਫ਼ਸਲ ਦੇ ਐਮ.ਐਸ.ਪੀ. (ਘੱਟੋ ਘੱਟ ਸਮਰਥਨ ਮੁੱਲ) ਦੀ 116 ਪ੍ਰਤੀਸ਼ਤ ਅਦਾਇਗੀ, ਜੋ ਕਿ 203.96 ਕਰੋੜ ਬਣਦੀ ਹੈ, 48 ਘੰਟਿਆਂ ਦੇ ਵਿੱਚ-ਵਿੱਚ ਸਿੱਧੇ ਤੌਰ 'ਤੇ ਕਿਸਾਨਾਂ ਦੇ ਖਾਤਿਆਂ ਵਿੱਚ ਕਰ ਦਿੱਤੀ ਗਈ ਹੈ।

ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲ ਸਰਤਾਜ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕੇਵਲ ਵ੍ਹੀਕਲ ਟਰੈਕਿੰਗ ਸਿਸਟਮ ( ਵੀ ਟੀ ਐਸ)  ਨਾਲ ਲੈਸ ਟਰੱਕਾਂ ਰਾਹੀਂ ਹੀ ਝੋਨੇ ਦੀ ਲਿਫ਼ਟਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਜੀ.ਪੀ.ਐਸ. ਸਿਸਟਮ ਰਾਹੀਂ ਵਾਹਨ ਦੀ ਸਥਿਤੀ (ਮੂਵਮੈਂਟ) ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹੇ ਦੀਆਂ 23 ਮੰਡੀਆਂ ਵਿੱਚ ਮੰਡੀ ਬੋਰਡ ਵੱਲੋਂ ਤਜਰਬੇ (ਪਾਇਲਟ ਪ੍ਰਜੈਕਟ) ਦੇ ਆਧਾਰ 'ਤੇ ਬਾਇਓਮੀਟ੍ਰਿਕ ਅਧਾਰਿਤ ਖ਼ਰੀਦ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਮੰਡੀਆਂ ਵਿੱਚ ਕਿਸਾਨਾਂ ਦੀ ਬਾਇਓਮੀਟ੍ਰਿਕ ਪਛਾਣ  ਦੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਹੀ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਇਹ ਪ੍ਰਕਿਰਿਆ ਇਨ੍ਹਾਂ ਮੰਡੀਆਂ ਚ ਨਿਰਵਿਘਨ ਚੱਲ ਰਹੀ ਹੈ।