ਹੁਣ ਤੱਕ ਖ੍ਰੀਦੇ ਝੋਨੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 861.24 ਕਰੋੜ ਰੁਪਏ ਸਿੱਧੇ ਟਰਾਂਸਫਰ

ਹੁਣ ਤੱਕ ਖ੍ਰੀਦੇ ਝੋਨੇ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 861.24 ਕਰੋੜ ਰੁਪਏ ਸਿੱਧੇ ਟਰਾਂਸਫਰ

ਮਾਲੇਰਕੋਟਲਾ, 17 ਨਵੰਬਰ, 2023: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਖ੍ਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 861.24 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆ ਵਿੱਚ ਸਿੱਧੀ ਕੀਤੀ ਜਾ ਚੁੱਕੀ ਹੈ, ਜਿਹੜੀ ਕਿ 95.8 ਫੀਸਦੀ ਬਣਦੀ ਹੈ, ਭਾਵ ਖ੍ਰੀਦ ਕੀਤੇ ਗਏ ਝੋਨੇ ਦੀ ਨਾਲੋ ਨਾਲ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ।


ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 436763 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 432460  ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਵੱਖ ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਭਾਵ ਮੰਡੀਆਂ ਵਿੱਚ ਪਹੁੰਚੇ ਝੋਨੇ ਵਿੱਚੋਂ 99 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ।ਖਰੀਦ ਕੀਤੇ ਗਏ ਝੋਨੇ ਵਿੱਚੋਂ 85.1 ਫੀਸਦੀ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ।

 
ਡਾ ਪੱਲਵੀ  ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 252653 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 944740 ਮੀਟ੍ਰਿਕ ਟਨ, ਪਨਸਪ ਵੱਲੋਂ 60289 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 30145 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 355 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ।

 

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਦੱਸਿਆ ਕਿ ਕੋਈ ਵੀ ਕਿਸਾਨ ਸੁਪਰ ਐਸ.ਐਮ.ਐਸ. ਲੱਗੇ ਵਾਲੀ ਕੰਬਾਈਨ ਤੋਂ ਬਗੈਰ ਝੋਨੇ ਦੀ ਵਢਾਈ ਨਾ ਕਰਵਾਉਣ ਕਿਉਂਕਿ ਇਹ ਗੈਰਕਾਨੂੰਨੀ ਹੈ। ਕਿਸਾਨ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ।