ਉਪ ਮੰਡਲ ਮੈਜਿਸਟ੍ਰੇਟ ਖੰਨਾ ਵਲੋਂ ਨਗਰ ਕੌਂਸਲ ਖੰਨਾ ਦੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ
ਪ੍ਰਸ਼ਾਸ਼ਨ ਲੋਕਾਂ ਨੂੰ ਚੰਗੀਆਂ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ - ਐਸ.ਡੀ.ਐਮ. ਮਨਜੀਤ ਕੌਰ
ਖੰਨਾ/ਲੁਧਿਆਣਾ, 5 ਨਵੰਬਰ, 2022: ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਬਿਹਤਰ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਉਪ ਮੰਡਲ ਮੈਜਿਸਟ੍ਰੇਟ ਖੰਨਾ ਸ੍ਰੀਮਤੀ ਮਨਜੀਤ ਕੌਰ ਵਲੋਂ ਬੀਤੇ ਕੱਲ੍ਹ ਨਗਰ ਕੌਂਸਲ ਖੰਨਾ ਦੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਖੰਨਾ ਦੇ ਕਾਰਜਕਾਰੀ ਅਧਿਕਾਰੀ ਤੋਂ ਇਲਾਵਾ ਜ਼ਿਲ੍ਹਾ ਈ-ਗਵਰਨੈਂਸ ਕੋਆਰਡੀਨੇਟਰ ਲੁਧਿਆਣਾ ਸ੍ਰੀ ਅਮਨ ਗਰਗ ਵੀ ਮੌਜੂਦ ਸਨ।
ਐਸ.ਡੀ.ਐਮ. ਖੰਨਾ ਵਲੋਂ ਇਸ ਮੌਕੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੇ ਕੰਮ ਟੋਕਨ ਅਨੁਸਾਰ ਕੀਤੇ ਜਾਣ ਅਤੇ ਕਿਸੇ ਵੀ ਬਿਨੇਕਾਰ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਬੈਠਣ ਲਈ ਕੁਰਸੀਆਂ, ਪੀਣ ਲਈ ਸਾਫ ਪਾਣੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਵਿੱਚ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੁਕਮਾਂ ਤਹਿਤ ਪ੍ਰਸ਼ਾਸ਼ਨ ਲੋਕਾਂ ਨੂੰ ਚੰਗੀਆਂ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
City Air News 


