ਕੋਵਿਡ-19 ਮਹਾਂਮਾਰੀ ਨਾਲ ਲੜਨ ਲਈ ਟੀਕਾਕਰਨ ਸਭ ਤੋਂ ਕਾਰਗਰ ਹਥਿਆਰ : ਡਾ. ਗੁਰਦੀਪ ਸਿੰਘ ਕਪੂਰ

ਹੁਣ 53 ਸਥਾਨਾਂ ’ਤੇ ਕੀਤਾ ਜਾ ਰਿਹੈ ਕੋਵਿਡ-19 ਟੀਕਾਕਰਨ

ਕੋਵਿਡ-19 ਮਹਾਂਮਾਰੀ ਨਾਲ ਲੜਨ ਲਈ ਟੀਕਾਕਰਨ ਸਭ ਤੋਂ ਕਾਰਗਰ ਹਥਿਆਰ : ਡਾ. ਗੁਰਦੀਪ ਸਿੰਘ ਕਪੂਰ
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ।

ਨਵਾਂਸ਼ਹਿਰ: ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਕਿਹਾ ਕਿ ਹੁਣ ਕੋਵਿਡ-19 ਟੀਕਾਕਰਨ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿਖੇ ਕੀਤਾ ਜਾ ਰਿਹਾ ਹੈ, ਕਿਉਂਕਿ ਇਸ ਮਾਰੂ ਵਾਇਰਸ ਨਾਲ ਲੜਨ ਲਈ ਟੀਕਾਕਰਨ ਸਭ ਤੋਂ ਕਾਰਗਰ ਹਥਿਆਰ ਹੈ।

ਡਾ. ਕਪੂਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਅੰਦਰ ਹੁਣ ਤੱਕ ਤਕਰੀਬਨ 16042 ਡੋਜਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਲੋਕਾਂ ਦੇ ਦਰ ’ਤੇ ਟੀਕਾਕਰਨ ਸੇਵਾਵਾਂ ਪ੍ਰਦਾਨ ਕਰਨ ਲਈ 53 ਸਥਾਨਾਂ ਸਾਰੇ ਸਰਕਾਰੀ ਸਿਹਤ ਕੇਂਦਰਾਂ, ਡਿਸਪੈਂਸਰੀਆਂ, ਹਸਪਤਾਲਾਂ ਤੇ ਨਿੱਜੀ ਸਿਹਤ ਸੰਸਥਾਵਾਂ ਵਿਚ ਅਜਿਹੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। 

ਉਨਾਂ ਕਿਹਾ ਕਿ ਮੁਹਿੰਮ ਦੇ ਤਹਿਤ ਸਾਰੀਆਂ ਗਤੀਵਿਧੀਆਂ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਜਿਵੇਂ ਇੱਕ ਦੂਜੇ ਤੋਂ ਸਮਜਿਕ ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣਾ ਅਤੇ ਸਾਫ਼-ਸਫ਼ਾਈ ਤੇ ਸਵੱਛਤਾ ਬਣਾ ਕੇ ਰੱਖਣਾ ਆਦਿ ਦੀ ਪੂਰੀ ਤਰ੍ਹਾਂ ਪਾਲਣਾ ਕਰਦਿਆਂ, ਕੀਤੀਆਂ ਜਾਂਦੀਆਂ ਹਨ। ਮਾਹਿਰਾਂ ਅਨੁਸਾਰ ਕੋਵਿਡ-19 ਵਾਇਰਸ ਦਾ ਨਵਾਂ ਸਰੂਪ ਤੇਜ਼ੀ ਨਾਲ ਫੈਲਣ ਵਾਲਾ ਅਤੇ ਤੀਬਰ ਹੈ, ਇਸ ਲਈ ਟੀਕਾਕਰਨ ਕਰਵਾਉਣਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। 

ਉਨਾਂ ਕਿਹਾ ਕਿ ਹੁਣ ਕੋਈ ਵੀ ਆਸਾਨੀ ਨਾਲ ਆਪਣੀ ਰਿਹਾਇਸ਼ ਨੇੜੇ ਟੀਕਾਕਰਨ ਦੀ ਸਹੂਲਤ ਪ੍ਰਾਪਤ ਕਰ ਸਕਦਾ ਹੈ ਕਿਉਂਕਿ ਸਾਰੇ ਸਰਕਾਰੀ ਸਿਹਤ ਕੇਂਦਰਾਂ ਨੂੰ ਟੀਕਾ ਲਗਉਣ ਦੀ ਹਦਾਇਤ ਕੀਤੀ ਗਈ ਹੈ। ਟੀਕੇ ਬਾਰੇ ਦੱਸਦਿਆਂ ਉਨਾਂ ਕਿਹਾ ਕਿ ਭਾਰਤ ਸਰਕਾਰ ਨੇ ਦੇਸ਼ ਵਿਚ ਦੋ ਕੋਵਿਡ-19 ਟੀਕਿਆਂ ਅਰਥਾਤ ਕੋਵੀਸ਼ੀਲਡ ਅਤੇ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਹੈ ਤੇ ਦੋਵੇਂ ਟੀਕੇ ਸੁਰੱਖਿਅਤ ਹਨ। ਜ਼ਿਲ੍ਹੇ ਵਿਚ 29 ਮਾਰਚ ਤੱਕ ਕੁੱਲ 16042 ਟੀਕੇ ਲਾਏ ਜਾ ਚੁੱਕੇ ਹਨ ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ। ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਿਹਤ ਸਹੂਲਤਾਂ ਵਿਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇੱਥੇ ਇਹ ਪੂਰੀ ਤਰਾਂ ਮੁਫਤ ਹੈ। 

ਪ੍ਰਾਈਵੇਟ ਹਸਪਤਾਲਾਂ ਲਈ ਸਰਕਾਰ ਨੇ ਟੀਕੇ ਦੀ ਹਰੇਕ ਖੁਰਾਕ ਲਈ ਵੱਧ ਤੋਂ ਵੱਧ 250 ਰੁਪਏ ਫੀਸ ਤੈਅ ਕੀਤੀ ਹੈ। ਕੋਈ ਵੀ ਯੋਗ ਨਾਗਰਿਕ ਟੀਕਾਕਰਨ ਲਈ 'selfregistration.cowin.gov.in' ਜਾਂ ਆਰੋਗਿਆ ਸੇਤੂ ਐਪ ’ਤੇ ਰਜਿਸਟਰ ਕਰ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਸੁਰੱਖਿਆ ਲਈ ਟੀਕਾਕਰਨ ਕਰਵਾਉਣ ਕਿਉਂਕਿ ਇਸ ਮਾਰੂ ਵਾਇਰਸ ਨਾਲ ਲੜਨ ਲਈ ਟੀਕਾਕਰਨ ਸਭ ਤੋਂ ਕਾਰਗਰ ਹਥਿਆਰ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਅਫਵਾਹਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਅਤੇ ਸ਼ਡਿਊਲ ਅਨੁਸਾਰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ।